ਮੁੱਖ ਮੰਤਰੀ ਵੱਲੋਂ 5 ਜਨਵਰੀ ਨੂੰ 4700 ਤੋਂ ਵੱਧ ਮਾਸਟਰ ਕਾਡਰ ਅਧਿਆਪਕਾਂ ਨੂੰ ਸੌਂਪੇ ਜਾਣਗੇ ਨਿਯੁਕਤੀ ਪੱਤਰ, ਡਿਪਟੀ ਕਮਿਸ਼ਨਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਣ ਵਾਲੇ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਲੁਧਿਆਣਾ, 3 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 5 ਜਨਵਰੀ, 2023 ਦਿਨ ਵੀਰਵਾਰ ਨੂੰ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਲਗਭਗ 4700 ਮਾਸਟਰ ਕਾਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਆਡੀਟੋਰੀਅਮ ਵਿੱਚ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਡਿਪਟੀ ਕਮਿਸ਼ਨਰ, ਜਿਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ ਵੀ ਮੌਜੂਦ ਸਨ, ਨੇ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕਰਨ ਦੇ ਆਦੇਸ਼ ਵੀ ਦਿੱਤੇ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਿੱਚ ਬੈਠਣ, ਵਾਹਨਾਂ ਦੀ ਪਾਰਕਿੰਗ, ਮੈਡੀਕਲ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਦੀ ਤਾਇਨਾਤੀ, ਸੁਰੱਖਿਆ ਸਮੇਤ ਹੋਰ ਲੋੜੀਂਦੇ ਪੁਖ਼ਤਾ ਪ੍ਰਬੰਧਾਂ ਨੂੰ
ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟ੍ਰੈਫਿਕ ਡਾਇਵਰਸ਼ਨ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ, ਮੈਡੀਕਲ ਅਤੇ ਹੋਰ ਲੋੜੀਂਦੇ ਇੰਤਜ਼ਾਮਾਂ ਨੂੰ ਯਕੀਨੀ ਬਣਾਉਣ ਲਈ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਅਧਿਆਪਕਾਂ, ਪਤਵੰਤਿਆਂ ਆਦਿ ਨੂੰ ਸਮਾਗਮ ਵਿੱਚ ਦਾਖਲ ਹੋਣ ਦੌਰਾਨ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀ ਸਮੂਹ ਸਟਾਫ਼ ਵੱਲੋਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ ਜਾਣ ਨੂੰ ਯਕੀਨੀ ਬਣਾਉਣ।
Post Comment
No comments